Lectionary Calendar
Saturday, February 1st, 2025
the Third Week after Epiphany
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਮੱਤੀ 10

1 ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
2 ਬਾਰਾਂ ਰਸੂਲਾਂ ਦੇ ਨਾਉਂ ਏਹ ਹਨ। ਪਹਿਲਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਤੇ ਉਹ ਦਾ ਭਰਾ ਯੂਹੰਨਾ,
3 ਫ਼ਿਲਿੱਪੁਸ ਅਤੇ ਬਰਥੁਲਮਈ, ਥੋਮਾ ਅਤੇ ਮੱਤੀ ਮਸੂਲੀਆ, ਹਲਫ਼ਈ ਦਾ ਪੁੱਤ੍ਰ ਯਾਕੂਬ ਅਤੇ ਥੱਦਈ,
4 ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।

5 ਇਨ੍ਹਾਂ ਬਾਰਾਂ ਨੂੰ ਯਿਸੂ ਨੇ ਘੱਲਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦੇ ਕੇ ਕਿਹਾ—ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰੀਆਂ ਦੇ ਕਿਸੇ ਨਗਰ ਵਿੱਚ ਨਾ ਵੜਨਾ।
6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
7 ਅਤੇ ਤੁਰਦੇ ਤੁਰਦੇ ਪਰਚਾਰ ਕਰ ਕੇ ਆਖੋ ਭਈ ਸੁਰਗ ਦਾ ਰਾਜ ਨੇੜੇ ਆਇਆ ਹੈ।
8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
9 ਨਾ ਸੋਨਾ, ਨਾ ਚਾਂਦੀ, ਨਾ ਤਾਂਬਾ ਆਪਣੇ ਕਮਰ ਕੱਸੇ ਵਿੱਚ ਲਓ।
10 ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਕਾਮਾ ਆਪਣੇ ਭੋਜਨ ਦਾ ਹੱਕਦਾਰ ਹੈ।
11 ਅਤੇ ਜਿਸ ਨਗਰ ਯਾ ਪਿੰਡ ਵਿੱਚ ਵੜੋ ਪੁੱਛੋ ਭਈ ਇੱਥੇ ਲਾਇਕ ਕੌਣ ਹੈ ਅਤੇ ਜਿਨ੍ਹਾਂ ਚਿਰ ਨਾ ਤੁਰੋ ਉੱਥੇ ਹੀ ਟਿਕੋ।
12 ਅਰ ਘਰ ਵਿੱਚ ਵੜਦਿਆਂ ਉਹ ਦੀ ਸੁਖ ਮੰਗੋ।
13 ਅਤੇ ਜੇ ਘਰ ਲਾਇਕ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਪਹੁੰਚੇ ਪਰ ਜੇ ਲਾਇਕ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
14 ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ, ਨਾ ਤੁਹਾਡੀਆਂ ਗੱਲਾਂ ਸੁਣੇ ਤਾਂ ਤੁਸੀਂ ਉਸ ਘਰ ਅਥਵਾ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
15 ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਨਿਆਉਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਜੋਗ ਹੋਵੇਗਾ।

16 ਵੇਖੋ ਮੈਂ ਤੁਹਾਨੂੰ ਭੇਡਾਂ ਵਾਂਙੁ ਬਘਿਆੜਾਂ ਵਿੱਚ ਭੇਜਦਾ ਹਾਂ ਸੋ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
17 ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਓਹ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਸਮਾਜਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
18 ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਹਾਜਰ ਕੀਤੇ ਜਾਓਗੇ ਜੋ ਉਨ੍ਹਾਂ ਉੱਤੇ ਅਰ ਪਰਾਈਆਂ ਕੌਮਾਂ ਉੱਤੇ ਸਾਖੀ ਹੋਵੇ।
19 ਪਰ ਜਦ ਓਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿੱਕੁਰ ਯਾ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸਾਂ ਬੋਲਣੀ ਹੈ ਉਹ ਤੁਹਾਨੂੰ ਉਸੇ ਘੜੀ ਬਖ਼ਸ਼ੀ ਜਾਵੇਗੀ।
20 ਬੋਲਣ ਵਾਲੇ ਤੁਸੀਂ ਤਾਂ ਨਹੀਂ ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
21 ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ।
23 ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਨਾ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਆ ਜਾਵੇ।
24 ਚੇਲਾ ਗੁਰੂ ਨਾਲੋਂ ਵੱਡਾ ਨਹੀਂ, ਨਾ ਚਾਕਰ ਆਪਣੇ ਮਾਲਕ ਨਾਲੋਂ।
25 ਐੱਨਾ ਬਹੁਤ ਹੈ ਜੋ ਚੇਲਾ ਆਪਣੇ ਗੁਰੂ ਜਿਹਾ ਅਤੇ ਚਾਕਰ ਆਪਣੇ ਮਾਲਕ ਜਿਹਾ ਹੋਵੇ। ਜਾਂ ਉਨ੍ਹਾਂ ਘਰ ਦੇ ਮਾਲਕ ਨੂੰ ਬਆਲਜ਼ਬੂਲ ਆਖਿਆ ਤਾਂ ਕਿੰਨਾ ਵਧੀਕ ਉਹ ਦੇ ਘਰ ਦਿਆਂ ਨੂੰ ਨਾ ਆਖਣਗੇ ?
26 ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ ਕਿਉਂਕਿ ਕੋਈ ਚੀਜ ਲੁਕੀ ਨਹੀਂ ਹੈ ਜਿਹੜੀ ਪਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।
27 ਜੋ ਕੁਝ ਮੈਂ ਤੁਹਾਨੂੰ ਅਨ੍ਹੇਰੇ ਵਿੱਚ ਦੱਸਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਤੁਸੀਂ ਕੰਨਾਂ ਵਿੱਚ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪਰਚਾਰ ਕਰੋ।
28 ਅਰ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹੀ ਅਤੇ ਰੂਹ ਦੋਹਾਂ ਦਾ ਨਰਕ ਵਿੱਚ ਨਾਸ ਕਰ ਸੱਕਦਾ ਹੈ।
29 ਭਲਾ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ ? ਅਤੇ ਉਨ੍ਹਾਂ ਵਿੱਚੋਂ ਇੱਕ ਭੀ ਤੁਹਾਡੇ ਪਿਤਾ ਦੀ ਮਰਜੀ ਬਿਨਾ ਧਰਤੀ ਉੱਤੇ ਨਹੀਂ ਡਿੱਗਦੀ।
30 ਪਰ ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ।
31 ਸੋ ਨਾ ਡਰੋ। ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
32 ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ।
33 ਪਰ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਨਕਾਰ ਕਰਾਂਗਾ।
34 ਇਹ ਨਾ ਸਮਝੋ ਭਈ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ। ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
35 ਕਿਉਂ ਜੋ ਮੈਂ ਮਨੁੱਖ ਨੂੰ ਉਹ ਦੇ ਪਿਉ ਤੋਂ ਅਤੇ ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅੱਡ ਕਰਨ ਆਇਆ ਹਾਂ।
36 ਅਰ ਮਨੁੱਖ ਦੇ ਵੈਰੀ ਉਹ ਦੇ ਘਰ ਦੇ ਹੀ ਹੋਣਗੇ।
37 ਜੋ ਕੋਈ ਪਿਉ ਯਾ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਮੇਰੇ ਜੋਗ ਨਹੀਂ ਅਤੇ ਜੋ ਕੋਈ ਪੁੱਤ੍ਰ ਯਾ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਮੇਰੇ ਜੋਗ ਨਹੀਂ।
38 ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਤੁਰੇ ਮੇਰੇ ਜੋਗ ਨਹੀਂ।
39 ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ ਉਹ ਉਸ ਨੂੰ ਲੱਭ ਲਵੇਗਾ।
40 ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਘੱਲਣ ਵਾਲੇ ਨੂੰ ਕਬੂਲ ਕਰਦਾ ਹੈ।
41 ਜਿਹੜਾ ਨਬੀ ਦੇ ਨਾਉਂ ਉੱਤੇ ਨਬੀ ਨੂੰ ਕਬੂਲ ਕਰੇ ਉਹ ਨਬੀ ਦਾ ਫਲ ਪਾਵੇਗਾ ਅਤੇ ਜਿਹੜਾ ਧਰਮੀ ਦੇ ਨਾਉਂ ਉੱਤੇ ਧਰਮੀ ਨੂੰ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।
42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਚੇਲੇ ਦੇ ਨਾਉਂ ਉੱਤੇ ਨਿਰਾ ਇੱਕ ਕਟੋਰਾ ਠੰਢੇ ਪਾਣੀ ਦਾ ਪਿਆਵੇ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਾ ਗੁਆਵੇਗਾ।

 
adsfree-icon
Ads FreeProfile